ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ (SYL) ਨਹਿਰ ਦੇ ਵਿਵਾਦ ਦਾ ਹੱਲ ਲੱਭਣ ਲਈ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੇ ਅੱਜ ਇੱਕ ਵਾਰ ਫਿਰ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਾਮਲ ਹੋਏ। ਤਾਜ ਹੋਟਲ ‘ਚ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਸਾਰੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਨਾਇਬ ਸੈਣੀ ਅਤੇ ਭਗਵੰਤ ਮਾਨ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ, “ਗੱਲਬਾਤ ਬਹੁਤ ਵਧੀਆ ਮਾਹੌਲ ਵਿੱਚ ਹੋਈ। ਜਦੋਂ ਗੱਲਬਾਤ ਸੁਖਾਵੇ ਮਾਹੌਲ ਵਿੱਚ ਹੁੰਦੀ ਹੈ, ਤਾਂ ਸਾਰਥਕ ਨਤੀਜੇ ਪ੍ਰਾਪਤ ਹੁੰਦੇ ਹਨ। ਅਸੀਂ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ ਐਸ ਵਾਈ ਐਲ ਦੇ ਮੁੱਦੇ ‘ਤੇ ਚਰਚਾਵਾਂ ਹੋ ਚੁੱਕੀਆਂ ਹਨ। ਅਸੀਂ ਫੈਸਲਾ ਕੀਤਾ ਹੈ ਕਿ ਦੋਵਾਂ ਰਾਜਾਂ ਦੇ ਅਧਿਕਾਰੀ ਹੁਣ ਅੱਗੇ ਦੀ ਗੱਲਬਾਤ ਕਰਨਗੇ। ਅਧਿਕਾਰੀਆਂ ਦੀ ਰਿਪੋਰਟ ਤੋਂ ਬਾਅਦ, ਦੋਵਾਂ ਰਾਜਾਂ ਦੇ ਮੁੱਖ ਮੰਤਰੀ ਫੈਸਲਾ ਕਰਨਗੇ ਕਿ ਅੱਗੇ ਕੀ ਕਰਨਾ ਚਾਹੀਦਾ ਹੈ।”

SYL ਦੇ ਮੁੱਦੇ ‘ਤੇ ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅੱਜ ਦੀ ਗੱਲਬਾਤ ਚੰਗੇ ਮਾਹੌਲ ਵਿੱਚ ਹੋਈ। ਇਹ ਮੁੱਦਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਅਸੀਂ ਭਾਈ ਕਨ੍ਹਈਆ ਦੇ ਵਾਰਸ ਹਾਂ, ਜਿਸਨੇ ਆਪਣੇ ਦੁਸ਼ਮਣਾਂ ਨੂੰ ਵੀ ਪਾਣੀ ਪਿਲਾਇਆ। ਹਰਿਆਣਾ ਸਾਡਾ ਦੁਸ਼ਮਣ ਨਹੀਂ, ਸਗੋਂ ਭਰਾ ਹੈ।” ਉਨ੍ਹਾਂ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਦੋਵਾਂ ਰਾਜਾਂ ਦੇ ਅਧਿਕਾਰੀ ਹੁਣ ਅੱਗੇ ਗੱਲਬਾਤ ਕਰਨਗੇ। ਇਹ ਮੁੱਦਾ ਪੁਰਾਣਾ ਹੈ, ਪਰ ਹੁਣ ਨਵੀਂ ਪੀੜ੍ਹੀ ਦੇ ਆਉਣ ਨਾਲ, ਮੇਰਾ ਮੰਨਣਾ ਹੈ ਕਿ ਵਿਵਾਦ ਹੱਲ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਹੱਕ ਨਹੀਂ ਮਰਨਾ ਚਾਹੀਦਾ, ਨਾ ਹੀ ਪੰਜਾਬ ਦਾ ਹੱਕ ਮਰੇ ਤੇ ਨਾ ਹੀ ਹਰਿਆਣਾ ਦਾ।