ਚੰਡੀਗੜ੍ਹ: ਆਪਣੀ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਮੰਗ ‘ਤੇ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਨਾਲ ਇਹ ਮੁੜ ਸਪੱਸ਼ਟ ਹੁੰਦਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਸਰਕਾਰ ਸਭ ਤੋਂ ਸਖ਼ਤ ਕਦਮ ਚੁੱਕਣ ਤੋਂ ਵੀ ਪਿੱਛੇ ਨਹੀਂ ਹਟੇਗੀ, ਅਤੇ ਜਦੋਂ ਰਾਜ ਦੇ ਬੱਚਿਆਂ ਦੇ ਭਵਿੱਖ ਦੀ ਗੱਲ ਹੋਵੇ ਤਾਂ ਕਿਸੇ ਵੀ ਕਾਰਵਾਈ ਤੋਂ ਪਾਸਾ ਨਹੀਂ ਵੱਟਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਰ ਸਮੇਂ ਮਜ਼ਬੂਤੀ ਨਾਲ ਖੜ੍ਹੇ ਹਾਂ। ਪਰਿਵਾਰ ਦੀ ਮੰਗ ਦਾ ਸਤਿਕਾਰ ਕਰਦਿਆਂ ਅਸੀਂ ਇਹ ਮਾਮਲਾ ਸੀਬੀਆਈ ਨੂੰ ਸੌਂਪ ਰਹੇ ਹਾਂ। ਨਸ਼ਾ ਤਸਕਰਾਂ ਵਿਰੁੱਧ ਸਾਡੀ ਲੜਾਈ ਆਖ਼ਰੀ ਅੰਜਾਮ ਤੱਕ ਜਾਰੀ ਰਹੇਗੀ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜੋ ਵੀ ਸਖ਼ਤ ਕਦਮ ਜ਼ਰੂਰੀ ਹੋਣਗੇ, ਅਸੀਂ ਪਿੱਛੇ ਨਹੀਂ ਹਟਾਂਗੇ।”

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਵੱਲੋਂ ਇਹ ਇੱਕ ਵੱਡਾ ਕਦਮ ਹੈ। ਪਰਿਵਾਰ ਦੀ ਮੰਗ ‘ਤੇ ਮਾਮਲੇ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਫ਼ੈਸਲਾ ਲਿਆ ਗਿਆ ਹੈ। ਜਦੋਂ ਪੰਜਾਬ ਅਤੇ ਇੱਥੋਂ ਦੇ ਬੱਚਿਆਂ ਦੇ ਭਵਿੱਖ ਦੀ ਗੱਲ ਆਉਂਦੀ ਹੈ, ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਭ ਤੋਂ ਸਖ਼ਤ ਫ਼ੈਸਲੇ ਲੈਣ ਤੋਂ ਕਦੇ ਪਿੱਛੇ ਨਹੀਂ ਹਟਦੇ। ‘ਆਪ’ ਸਰਕਾਰ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਲੜ ਰਹੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਲੜਾਈ ਹਰ ਕੀਮਤ ‘ਤੇ ਜਿੱਤੀ ਜਾਣੀ ਚਾਹੀਦੀ ਹੈ।”

ਇਸ ਦੌਰਾਨ, ਸੀਨੀਅਰ ਆਪ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਨੂੰ ਮੁੱਦਾ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ, ਸਾਡੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਹੈ। ਅੱਜ ਸਵੇਰੇ, ਸਰਦਾਰ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨਾਲ ਜੁੜੇ ਮਾਮਲੇ ਨੂੰ ਸੀਬੀਆਈ ਨੂੰ ਸੌਂਪਣ ਦੇ ਫ਼ੈਸਲੇ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਸੀ। ਹੁਣ ਇਸ ਕੇਸ ਨੂੰ ਸੀਬੀਆਈ ਨੂੰ ਤਬਦੀਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ,”।

ਕੈਬਨਿਟ ਮੰਤਰੀ ਨੇ ‘ਐਕਸ’ (X) ‘ਤੇ ਜ਼ੋਰ ਦਿੰਦਿਆਂ ਕਿਹਾ, “ਅਸੀਂ ਪਰਿਵਾਰ ਦੇ ਨਾਲ ਖੜ੍ਹੇ ਹਾਂ ਕਿਉਂਕਿ ਸਾਡੀ ਸਭ ਤੋਂ ਵੱਡੀ ਤਰਜੀਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਨਸ਼ਾ ਤਸਕਰਾਂ ਵਿਰੁੱਧ ਜਾਰੀ ਲੜਾਈ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ।”

ਦੂਜੇ ਪਾਸੇ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇਗੀ। ਇਸ ਸਮੇਂ ਅਸੀਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੇ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਜਾਰੀ ਹੈ। ਨਸ਼ਾ ਵਪਾਰ ਨੂੰ ਜੜ੍ਹੋਂ ਪੁੱਟਣਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਉਮੀਦ ਅਤੇ ਬਿਹਤਰ ਭਵਿੱਖ ਦੇਣਾ ਹੀ ਸਾਡਾ ਸੰਕਲਪ ਹੈ।”