ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ, ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਘਟਾ ਸਕਦਾ ਹੈ ਅਤੇ ਸਥਾਨਕ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਦੀ ਸੂਬਿਆਂ ਦੀ ਸਮਰੱਥਾ ਨੂੰ ਖੋਰਾ ਲਾ ਸਕਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਇਸ ਬਿੱਲ ‘ਤੇ ਮੁੜ ਵਿਚਾਰ ਕਰਨ ਅਤੇ ਅਜਿਹੇ ਸੁਧਾਰਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਕੀਤੀ ਹੈ, ਜੋ ਉੱਚ ਸਿੱਖਿਆ ਦੇ ਖੇਤਰ ਨੂੰ ਵੱਡੇ ਪੱਧਰ ‘ਤੇ ਪ੍ਰਭਾਵਿਤ ਕਰ ਸਕਦੇ ਹਨ।
ਦੇਸ਼ ਭਰ ਦੇ ਕਰੋੜਾਂ ਮਾਪਿਆਂ ਦੇ ਆਪਣੇ ਬੱਚਿਆਂ ਦੀ ਸਿੱਖਿਆ ‘ਤੇ ਉਮੀਦਾਂ ਅਤੇ ਸੁਪਨੇ ਟਿਕਾਈ ਰੱਖਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਚ ਸਿੱਖਿਆ ਕਿਸੇ ਕਿਸਾਨ, ਮਜ਼ਦੂਰ ਜਾਂ ਦੁਕਾਨਦਾਰ ਦੇ ਬੱਚੇ ਲਈ ਮੌਕਿਆਂ ਦਾ ਰਾਹ ਹੋਣੀ ਚਾਹੀਦੀ ਹੈ, ਨਾ ਕਿ ਪਰਿਵਾਰਾਂ ‘ਤੇ ਆਰਥਿਕ ਬੋਝ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੀ ਤਰੱਕੀ ਉੱਚ ਸਿੱਖਿਆ ਨੂੰ ਯੂਨੀਵਰਸਿਟੀਆਂ, ਬੁਨਿਆਦੀ ਢਾਂਚੇ, ਫੈਕਲਟੀ ਅਤੇ ਖੋਜ ਵਿੱਚ ਵੱਧ ਨਿਵੇਸ਼ ਰਾਹੀਂ ਵਧੇਰੇ ਪਹੁੰਚਯੋਗ ਅਤੇ ਕਿਫ਼ਾਇਤੀ ਬਣਾਉਣ ‘ਤੇ ਨਿਰਭਰ ਕਰਦੀ ਹੈ, ਨਾ ਕਿ ਅਜਿਹੇ ਉਪਾਵਾਂ ‘ਤੇ ਜੋ ਲਾਗਤਾਂ ਨੂੰ ਵਧਾਉਂਦੇ ਹਨ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਦਾ ਕੇਂਦਰੀਕਰਨ ਕਰਦੇ ਹਨ।
ਆਪਣੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ ਕਿ ਉਹ ਨਾ ਸਿਰਫ਼ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਗੋਂ ਭਾਰਤ ਭਰ ਦੇ ਉਨ੍ਹਾਂ ਕਰੋੜਾਂ ਮਾਪਿਆਂ ਦੇ ਨੁਮਾਇੰਦੇ ਵਜੋਂ ਲਿਖ ਰਹੇ ਹਨ, ਜਿਨ੍ਹਾਂ ਦੀਆਂ ਸਭ ਤੋਂ ਵੱਡੀਆਂ ਉਮੀਦਾਂ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ, “ਹਰ ਪਰਿਵਾਰ ਚਾਹੁੰਦਾ ਹੈ ਕਿ ਉਸ ਦਾ ਬੱਚਾ ਮਿਆਰੀ ਸਿੱਖਿਆ ਹਾਸਲ ਕਰੇ, ਆਪਣੇ ਪੈਰਾਂ ‘ਤੇ ਖੜ੍ਹਾ ਹੋਵੇ, ਇੱਜ਼ਤਦਾਰ ਰੋਜ਼ਗਾਰ ਹਾਸਲ ਕਰੇ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਵੇ। ਇਸੇ ਕਰਕੇ ਸਿੱਖਿਆ ਸਿਰਫ਼ ਇੱਕ ਪ੍ਰਸ਼ਾਸਨਿਕ ਵਿਸ਼ਾ ਨਹੀਂ ਹੈ, ਇਹ ਭਾਰਤ ਦੇ ਰੌਸ਼ਨ ਭਵਿੱਖ ਨਾਲ ਜੁੜਿਆ ਸਵਾਲ ਹੈ।”
ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸ਼ੁਰੂ ਵਿੱਚ ਉਮੀਦ ਸੀ ਕਿ ਪ੍ਰਸਤਾਵਿਤ ਕਾਨੂੰਨ ਉੱਚ ਸਿੱਖਿਆ ਸੰਸਥਾਵਾਂ ਦੀ ਗੁਣਵੱਤਾ, ਜਵਾਬਦੇਹੀ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰੇਗਾ। ਹਾਲਾਂਕਿ ਬਿੱਲ ਦਾ ਬਾਰੀਕੀ ਨਾਲ ਅਧਿਐਨ ਕਰਨ ਤੋਂ ਬਾਅਦ ਮੈਨੂੰ ਗੰਭੀਰ ਤੌਖਲਾ ਹੈ ਕਿ ਇਹ ਉੱਚ ਸਿੱਖਿਆ ਨਾਲ ਸਬੰਧਤ ਜ਼ਿਆਦਾਤਰ ਮਹੱਤਵਪੂਰਨ ਫੈਸਲਿਆਂ ਦਾ ਕੇਂਦਰੀਕਰਨ ਕਰਨ ਦੀ ਕੋਸ਼ਿਸ਼ ਕਰਦਾ ਹੈ, ਜਿਸ ਦੇ ਵਿਦਿਆਰਥੀਆਂ, ਅਧਿਆਪਕਾਂ, ਯੂਨੀਵਰਸਿਟੀਆਂ ਅਤੇ ਸੂਬਾ ਸਰਕਾਰਾਂ ‘ਤੇ ਦੂਰਗਾਮੀ ਪ੍ਰਭਾਵ ਪੈਣਗੇ।”
ਆਪਣੀ ਪਹਿਲੀ ਵੱਡੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿੱਲ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੀ ਬਜਾਏ ਸੱਤਾ ਦੇ ਕੇਂਦਰੀਕਰਨ ‘ਤੇ ਵਧੇਰੇ ਕੇਂਦਰਿਤ ਜਾਪਦਾ ਹੈ। ਉਨ੍ਹਾਂ ਕਿਹਾ, “ਕਿਸੇ ਵੀ ਸਿੱਖਿਆ ਪ੍ਰਣਾਲੀ ਦੀ ਸਫ਼ਲਤਾ ਇਸ ਗੱਲ ‘ਤੇ ਨਿਰਭਰ ਕਰਦੀ ਹੈ ਕਿ ਉਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਥਾਨਕ ਭਾਈਚਾਰਿਆਂ ਦੀਆਂ ਲੋੜਾਂ ਨੂੰ ਕਿੰਨੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਦੀ ਹੈ। ਭਾਰਤ ਵਰਗੇ ਵਿਸ਼ਾਲ ਅਤੇ ਵਿਭਿੰਨਤਾ ਨਾਲ ਭਰੇ ਦੇਸ਼ ਵਿੱਚ ਹਰ ਸੂਬੇ ਨੂੰ ਵੱਖ-ਵੱਖ ਸਮਾਜਿਕ, ਆਰਥਿਕ ਅਤੇ ਵਿਦਿਅਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਉੱਚ ਸਿੱਖਿਆ ਬਾਰੇ ਕਿਸੇ ਕਾਨੂੰਨ ਤੋਂ ਇਹ ਉਮੀਦ ਕਰਨਾ ਸੁਭਾਵਿਕ ਸੀ ਕਿ ਉਹ ਗੁਣਵੱਤਾ, ਖੋਜ, ਨਵੀਨਤਾ, ਰੋਜ਼ਗਾਰ ਯੋਗਤਾ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ‘ਤੇ ਧਿਆਨ ਕੇਂਦਰਿਤ ਕਰੇਗਾ। ਹਾਲਾਂਕਿ ਬਿੱਲ ਦਾ ਅਧਿਐਨ ਕਰਨ ਤੋਂ ਬਾਅਦ ਅਜਿਹਾ ਲੱਗਦਾ ਹੈ ਕਿ ਇਸ ਦਾ ਮੁੱਖ ਉਦੇਸ਼ ਨੀਤੀ ਬਣਾਉਣ ਦੀਆਂ ਸ਼ਕਤੀਆਂ, ਮਿਆਰਾਂ, ਨਿਯਮਾਂ, ਮਾਨਤਾ ਪ੍ਰਣਾਲੀਆਂ ਅਤੇ ਅਪੀਲੀ ਸ਼ਕਤੀਆਂ ਨੂੰ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਕੇਂਦਰਿਤ ਕਰਨਾ ਹੈ। ਉਨ੍ਹਾਂ ਕਿਹਾ, “ਸਿੱਖਿਆ ਸੰਵਿਧਾਨ ਦੀ ਸਮਵਰਤੀ ਸੂਚੀ ਦਾ ਵਿਸ਼ਾ ਹੈ। ਇਸ ਲਈ ਜਿੱਥੇ ਘੱਟੋ-ਘੱਟ ਰਾਸ਼ਟਰੀ ਮਿਆਰ ਲੋੜੀਂਦੇ ਹੋ ਸਕਦੇ ਹਨ, ਉੱਥੇ ਹੀ ਸੂਬਿਆਂ ਨੂੰ ਆਪਣੇ ਹਾਲਾਤ ਅਤੇ ਲੋੜਾਂ ਅਨੁਸਾਰ ਪ੍ਰਣਾਲੀਆਂ ਵਿਕਸਿਤ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਬਦਕਿਸਮਤੀ ਨਾਲ ਇਹ ਬਿੱਲ ਉਸ ਸੰਵਿਧਾਨਕ ਸੰਤੁਲਨ ਨੂੰ ਵਿਗਾੜਦਾ ਪ੍ਰਤੀਤ ਹੁੰਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਚਿੰਤਾ ਸਿਰਫ਼ ਸੂਬਿਆਂ ਦੇ ਅਧਿਕਾਰਾਂ ਦੀ ਨਹੀਂ, ਸਗੋਂ ਕਰੋੜਾਂ ਵਿਦਿਆਰਥੀਆਂ ਦੇ ਭਵਿੱਖ ਦੀ ਵੀ ਹੈ। ਉਨ੍ਹਾਂ ਕਿਹਾ, “ਭਾਰਤ ਦਾ ਹਰ ਸੂਬਾ ਵੱਖ-ਵੱਖ ਚੁਣੌਤੀਆਂ ਨਾਲ ਜੂਝ ਰਿਹਾ ਹੈ। ਕੋਈ ਬੇਰੋਜ਼ਗਾਰੀ ਨਾਲ ਨਜਿੱਠ ਰਿਹਾ ਹੈ, ਕੋਈ ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ), ਉਦਯੋਗਿਕ ਲੋੜਾਂ ਜਾਂ ਪਰਵਾਸ ਨਾਲ ਜੂਝ ਰਿਹਾ ਹੈ। ਪੰਜਾਬ ਵਰਗੇ ਸਰਹੱਦੀ ਸੂਬਿਆਂ ਨੂੰ ਇਸ ਤੋਂ ਵੀ ਵੱਧ ਗੁੰਝਲਦਾਰ ਹਕੀਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰਾਂ ਯੂਨੀਵਰਸਿਟੀਆਂ ਅਤੇ ਕਾਲਜਾਂ ਰਾਹੀਂ ਸਥਾਨਕ ਲੋੜਾਂ ਅਨੁਸਾਰ ਕੋਰਸ, ਹੁਨਰ ਪ੍ਰੋਗਰਾਮ, ਉਦਯੋਗਿਕ ਸਾਂਝੇਦਾਰੀ ਅਤੇ ਰੋਜ਼ਗਾਰ ਮੁਖੀ ਪਹਿਲਕਦਮੀਆਂ ਵਿਕਸਿਤ ਕਰਦੀਆਂ ਹਨ। ਉਨ੍ਹਾਂ ਕਿਹਾ, “ਜੇ ਸਿੱਖਿਆ ਦੇ ਜ਼ਿਆਦਾਤਰ ਫੈਸਲੇ ਦਿੱਲੀ ਵਿੱਚ ਬੈਠੀਆਂ ਸੰਸਥਾਵਾਂ ਵੱਲੋਂ ਲਏ ਜਾਣਗੇ ਤਾਂ ਸੂਬੇ ਹੌਲੀ-ਹੌਲੀ ਸਥਾਨਕ ਹਕੀਕਤਾਂ ਨੂੰ ਸਮਝਣ ਅਤੇ ਉਸ ਅਨੁਸਾਰ ਹੱਲ ਤਿਆਰ ਕਰਨ ਦੀ ਆਪਣੀ ਸਮਰੱਥਾ ਗੁਆ ਦੇਣਗੇ। ਨਤੀਜੇ ਵਜੋਂ, ਉੱਚ ਸਿੱਖਿਆ ਦੇ ਕੇਂਦਰੀਕ੍ਰਿਤ ਹੋਣ ਅਤੇ ਇਸ ਦੀ ਵਿਹਾਰਕ ਮਹੱਤਤਾ ਖ਼ਤਮ ਹੋਣ ਦਾ ਖ਼ਤਰਾ ਹੈ।”














