ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲੀਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲੀਸ ਵੱਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨਸਾ ਧਰਨੇ ਵਿੱਚ ਪੁਲੀਸ ਵੱਲੋਂ ਧੱਕਾ ਕਰਦਿਆਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਸ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਅਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਪੰਜਾਬ ਲਈ ਬੇਹੱਦ ਚਿੰਤਾਜਨਕ ਹਨ ਅਤੇ ਅਜਿਹੇ ਦੁਖਦਾਈ ਸਮੇਂ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕੀਤੀ ਗਈ ਇਸ ਹਰਕਤ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਸਾਹਮਣੇ ਆ ਸਕੇ ਕਿ ਇਹ ਕਾਰਵਾਈ ਕਿਸ ਦੇ ਹੁਕਮਾਂ ’ਤੇ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਕੋਈ ਪਰਿਵਾਰ ਆਪਣੇ ਜੀਅ ਨੂੰ ਨਸ਼ਿਆਂ ਕਾਰਨ ਗੁਆ ਬੈਠਦਾ ਹੈ ਤਾਂ ਉਸ ਦੇ ਦੁੱਖ ਨੂੰ ਸਮਝਣ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਨੂੰ ਧੱਕੇ ਨਾਲ ਦਬਾਇਆ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਗੱਲ ਸੁਣਨਾ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਲਾਹਨਤ ਤੋਂ ਬਚਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲੀਸ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ।














