ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ’ਤੇ ਕੁਝ ਲੋਕਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਨੇ ਮੁਲਜ਼ਮਾਂ ਨੂੰ ਜੇਲ੍ਹ ਭਿਜਵਾ ਕੇ ਕਬਜ਼ੇ ਖਾਲੀ ਕਰਵਾ ਦਿੱਤੇ ਹਨ, ਪਰ ਇਸ ਘਟਨਾ ਪਿੱਛੇ ਕੰਮ ਕਰਦੀ ਮਾਨਸਿਕਤਾ ਪੰਜਾਬ ਦੀ ਭਾਈਚਾਰਕ ਸਾਂਝ ਲਈ ਚਿੰਤਾਜਨਕ ਹੈ। ਸੂਬਾ ਸਰਕਾਰ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨੀ ਕਬਜ਼ੇ ਨਾ ਕਰੇ। ਉਨ੍ਹਾਂ ਇਸ ਨੂੰ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਰਾਰ ਦਿੱਤਾ।

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਪਾਸੋਂ ਸਮੁੱਚੀ ਰਿਪੋਰਟ ਮੰਗਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਨਾਲ ਹੀ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਲਿਖਾਪੜ੍ਹੀ ਕਰਕੇ ਇਤਿਹਾਸਕ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ੇ ਰੋਕਣ ਲਈ ਕਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਪ੍ਰਸ਼ਾਸਨ ਇਸ ਹਰਕਤ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਲਈ ਸਿਰਫ਼ ਧਾਰਮਿਕ ਸਥਾਨ ਹੀ ਨਹੀਂ, ਸਗੋਂ ਸੇਵਾ, ਸਾਂਝ ਅਤੇ ਆਸਥਾ ਦਾ ਕੇਂਦਰ ਹਨ। ਗੁਰੂ ਕੇ ਲੰਗਰ ਦੀ ਪਰੰਪਰਾ ਸਮੁੱਚੀ ਮਨੁੱਖਤਾ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਸੇਵਾ ਅਤੇ ਬਰਾਬਰੀ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਲੰਗਰ ਹਾਲ ਜਾਂ ਗੁਰਦੁਆਰਾ ਸਾਹਿਬ ਦੀ ਕਿਸੇ ਵੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਾਰਵਾਈ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ, ਗੁਰੂ ਕੇ ਲੰਗਰ ਦੀ ਸੇਵਾ ਅਤੇ ਸੰਗਤ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹਨ, ਜਿਸ ਦੀ ਤੌਹੀਨ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਆਦੇਸ਼ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਸ਼ਾਸਨ ਨੂੰ ਵੀ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ।