ਔਕਲੈਂਡ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਛੇ ਦਿਨਾਂ ਦੌਰੇ ਦੇ ਆਖਰੀ ਪੜਾਅ ਵਿੱਚ ਨਿਊਜ਼ੀਲੈਂਡ ਪਹੁੰਚੇ। ਔਕਲੈਂਡ ਸਥਿਤ ਗਵਰਨਮੈਂਟ ਹਾਊਸ ਵਿਖੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪੀਐਮ ਮੋਦੀ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਸਵਾਗਤ ਸਮਾਰੋਹ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਦੁਵੱਲੀ ਗੱਲਬਾਤ ਹੋਈ। ਇਸ ਦੌਰਾਨ 18 ਅਹਿਮ ਫੈਸਲੇ ਲਏ ਗਏ ਅਤੇ 10 ਸਮਝੌਤਾ-ਪੱਤਰਾਂ (MoUs) ‘ਤੇ ਦਸਤਖਤ ਕੀਤੇ ਗਏ।

ਪੀਐਮ ਮੋਦੀ ਅੱਜ ਔਕਲੈਂਡ ਵਿੱਚ 40 ਹਜ਼ਾਰ ਭਾਰਤੀਆਂ ਨੂੰ ਸੰਬੋਧਨ ਕਰਨਗੇ। ਮੋਦੀ 6 ਤੋਂ 11 ਜੁਲਾਈ ਤੱਕ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖਰੀ ਪੜਾਅ ਵਿੱਚ ਨਿਊਜ਼ੀਲੈਂਡ ਪਹੁੰਚੇ ਹਨ। ਉਹ ਅੱਜ ਹੀ ਨਵੀਂ ਦਿੱਲੀ ਲਈ ਰਵਾਨਾ ਹੋਣਗੇ। ਇਹ 40 ਸਾਲਾਂ ਬਾਅਦ ਕਿਸੇ ਭਾਰਤੀ ਪੀਐਮ ਦੀ ਨਿਊਜ਼ੀਲੈਂਡ ਯਾਤਰਾ ਹੈ। ਇਸ ਤੋਂ ਪਹਿਲਾਂ 1986 ਵਿੱਚ ਰਾਜੀਵ ਗਾਂਧੀ ਨਿਊਜ਼ੀਲੈਂਡ ਗਏ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿਊਜ਼ੀਲੈਂਡ ਯਾਤਰਾ ਦੌਰਾਨ ਭਾਰਤ ਅਤੇ ਨਿਊਜ਼ੀਲੈਂਡ ਨੇ ਆਪਣੇ ਰਿਸ਼ਤਿਆਂ ਨੂੰ ਰਣਨੀਤਕ ਭਾਈਵਾਲੀ ਤੱਕ ਪਹੁੰਚਾਉਣ ਦਾ ਐਲਾਨ ਕੀਤਾ। ਦੋਵਾਂ ਦੇਸ਼ਾਂ ਨੇ ਰੱਖਿਆ, ਸਮੁੰਦਰੀ ਸੁਰੱਖਿਆ, ਅੱਤਵਾਦ ਵਿਰੋਧ, ਸੈਰ-ਸਪਾਟਾ, ਡੇਅਰੀ, ਖੇਡਾਂ, ਸੱਭਿਆਚਾਰ ਅਤੇ ਸਿੱਖਿਆ ਸਮੇਤ ਕਈ ਖੇਤਰਾਂ ਵਿੱਚ 10 ਅਹਿਮ ਸਮਝੌਤਿਆਂ ‘ਤੇ ਦਸਤਖਤ ਕੀਤੇ। ਇਸ ਦੇ ਨਾਲ ਹੀ 2030 ਤੱਕ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਦੁੱਗਣਾ ਕਰਕੇ 7 ਅਰਬ ਨਿਊਜ਼ੀਲੈਂਡ ਡਾਲਰ (ਕਰੀਬ 35 ਹਜ਼ਾਰ ਕਰੋੜ ਰੁਪਏ) ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ। ਪੀਐਮ ਮੋਦੀ ਨੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।

ਦੋਵਾਂ ਦੇਸ਼ਾਂ ਨੇ ਸਾਂਝੇ ਹਿੱਤਾਂ ਦੇ ਸਾਰੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ। ਇਸ ਦੌਰਾਨ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ (FTA) ਨੂੰ ਜਲਦ ਲਾਗੂ ਕਰਨ ‘ਤੇ ਜ਼ੋਰ ਦਿੱਤਾ ਗਿਆ। ਦੋਵਾਂ ਦੇਸ਼ਾਂ ਨੇ 2030 ਤੱਕ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦਾ ਟੀਚਾ ਮਿੱਥਿਆ ਹੈ।

ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਇਸ ਸਾਲ ਰਿਕਾਰਡ 9 ਮਹੀਨਿਆਂ ਵਿੱਚ ਫ੍ਰੀ ਟ੍ਰੇਡ ਐਗਰੀਮੈਂਟ (FTA) ਹੋਇਆ ਹੈ। ਨਿਊਜ਼ੀਲੈਂਡ ਅਗਲੇ 15 ਸਾਲਾਂ ਵਿੱਚ ਭਾਰਤ ਵਿੱਚ 1.72 ਲੱਖ ਕਰੋੜ ਦਾ ਨਿਵੇਸ਼ ਕਰੇਗਾ। ਇਸ ਦੇ ਨਾਲ ਹੀ ਉਹ ‘ਵਿਕਸਿਤ ਭਾਰਤ 2047’ ਦੇ ਟੀਚੇ ਵਿੱਚ ਵੀ ਮਦਦ ਕਰੇਗਾ।