ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।

ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ।

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਲੋਕ-ਪੱਖੀ ਸ਼ਾਸਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ‘ਤੇ ਖ਼ਰਚ ਕੀਤਾ ਜਾ ਰਹੀ ਹੈ, ਜਦਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਸਮਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਅਥਾਹ ਪਿਆਰ ਮਿਲਿਆ। ਪਿੰਡ ਗਾਜੇਵਾਸ ਦੇ ਵਿਕਾਸ ਲਈ ਪਿੰਡ ਦੇ ਸਰਪੰਚ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਔਰਤਾਂ ਲਈ ਵਿੱਤੀ ਸੁਰੱਖਿਆ, ਮੁਫ਼ਤ ਸਿਹਤ ਸਹੂਲਤਾਂ ਅਤੇ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਯਕੀਨੀ ਬਣਾਉਣਾ ਸਾਡੀ ਮੁੱਖ ਤਰਜੀਹ ਹੈ।”

ਪੋਸਟ ਦੇ ਅੰਤ ਵਿੱਚ ਲਿਖਿਆ, “ਸਾਡਾ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਨੂੰ ਬਿਹਤਰ ਸਹੂਲਤਾਂ ਮਿਲਣ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਜਾ ਸਕੇ। ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਅਸੀਂ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਇਕੱਠੇ ਅੱਗੇ ਵਧ ਰਹੇ ਹਾਂ। ਇਨਕਲਾਬ ਜ਼ਿੰਦਾਬਾਦ।”

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਗੁਨਾਹਗਾਰਾਂ ਨੂੰ ਸਿੱਖ ਪੰਥ ਅਤੇ ਗੁਰੂ ਸਾਹਿਬਾਨ ਨਾਲ ਕੀਤੀ ਗੱਦਾਰੀ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, “ਬਾਦਲਾਂ ਦੇ ਰਾਜ ਦੌਰਾਨ ਬੇਅਦਬੀ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ, ਪਰ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਿਰਦੋਸ਼ ਸਿੱਖ ਸੰਗਤ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ। ਬਾਦਲਾਂ ਤੋਂ ਬਾਅਦ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਕੁਝ ਨਹੀਂ ਕੀਤਾ।”

ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਲੋਕ ਮਨੁੱਖਤਾ ਵਿਰੁੱਧ ਨਾ-ਮੁਆਫ਼ੀਯੋਗ ਅਪਰਾਧ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੇ ਹੋਏ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹੀ ਕਾਰਨ ਹੈ ਕਿ ਇਹ ਲੋਕ ਅਤੇ ਇਨ੍ਹਾਂ ਦੇ ਹੱਥ-ਠੋਕੇ ਹੁਣ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀ ਮੁਖਾਲਫ਼ਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਆਪਣੇ ਪਾਪਾਂ ਲਈ ਕਾਨੂੰਨ ਦੇ ਕਟਹਿਰੇ ਵਿੱਚ ਬੇਨਕਾਬ ਹੋ ਜਾਣਗੇ। ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਅਤੇ ਉਹ ਜਲਦ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੱਤਾ ਵਿੱਚ ਆਉਣ ਦੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ, ਕਿਉਂਕਿ ਹੁਣ ਸਿੱਖ ਕੌਮ ਵਿਰੁੱਧ ਕੀਤੇ ਅਪਰਾਧਾਂ ਲਈ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਹੈ। ਉਨ੍ਹਾਂ ਕਿਹਾ, “ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਣਾਉਣ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਠੇਸ ਪਹੁੰਚੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਬਲ-ਬੁੱਧੀ ਤੇ ਤਾਕਤ ਬਖਸ਼ੀ ਹੈ। ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ। ਇਹ ਬਿੱਲ ਸਮਾਜ ਵਿਰੋਧੀ ਅਨਸਰਾਂ ਲਈ ਭਵਿੱਖ ਵਿੱਚ ਅਜਿਹਾ ਕੋਈ ਵੀ ਪਾਪ ਕਰਨ ਤੋਂ ਰੋਕਣ ਦਾ ਕੰਮ ਕਰੇਗਾ ਅਤੇ ਕੋਈ ਵੀ ਕਦੇ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਪਹਿਲਾਂ ਲੋਕ ਇਹ ਕਹਿ ਕੇ ਫਾਂਸੀ ਦੇ ਰੱਸੇ ਤੋਂ ਬਚ ਜਾਂਦੇ ਸਨ ਕਿ ‘ਉਨ੍ਹਾਂ ਦਾ ਦਿਮਾਗ ਖ਼ਰਾਬ ਹੈ’ ਜਾਂ ‘ਉਹ ਮਾਨਸਿਕ ਤੌਰ ‘ਤੇ ਬੀਮਾਰ ਹੈ’, ਅਤੇ ਮੁਲਜ਼ਮ ਆਜ਼ਾਦ ਘੁੰਮਦੇ ਸਨ।”

ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ, “ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਨਿਸ਼ਾਨਾ ਕਿਉਂ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਹੱਥ ਕਿਉਂ ਨਹੀਂ ਲਾਉਂਦਾ? ਸੱਚਾਈ ਇਹ ਹੈ ਕਿ ਅਜਿਹੀਆਂ ਹਰਕਤਾਂ ਅਕਸਰ ਜਾਣਬੁੱਝ ਕੇ ਅਤੇ ਸਾਜ਼ਿਸ਼ ਤਹਿਤ ਕੀਤੀਆਂ ਜਾਂਦੀਆਂ ਸਨ। ਇਸ ਲਈ ਅਸੀਂ ਕਾਨੂੰਨ ਵਿੱਚ ਇੱਕ ਧਾਰਾ ਜੋੜੀ ਹੈ ਕਿ ਜੇਕਰ ਕਿਸੇ ਨੂੰ ਮੈਡੀਕਲ ਤੌਰ ਉਤੇ ਮਾਨਸਿਕ ਰੋਗੀ ਠਹਿਰਾਇਆ ਜਾਂਦਾ ਹੈ, ਤਾਂ ਉਨ੍ਹਾਂ ਦੇ ਸਰਪ੍ਰਸਤ, ਮਾਪੇ, ਗਾਰਡੀਅਨ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰਨਾ ਪਵੇਗਾ।”

ਅਕਾਲੀਆਂ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਹ ਸੱਤਾ ‘ਚ ਸਨ ਤਾਂ ਉਹ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਨ। ਉਨ੍ਹਾਂ ਕਿਹਾ, “ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਫਾਇਦੇ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਹੁਣ ਨਨਾਣ-ਭਰਜਾਈ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਕਿਉਂਕਿ ਨਨਾਣ ਐਮ.ਪੀ. ਹੈ ਅਤੇ ਭਰਜਾਈ ਐਮ.ਐਲ.ਏ. ਹੈ। ਉਨ੍ਹਾਂ ਕਿਹਾ, “ਸੁਖਬੀਰ ਬਾਦਲ ਸਾਲ 2022 ਦੀ ਹਾਰ ਦੇ ਸਦਮੇ ਵਿੱਚੋਂ ਅਜੇ ਤੱਕ ਬਾਹਰ ਨਹੀਂ ਆ ਸਕੇ। ਸਾਬਕਾ ਉਪ ਮੁੱਖ ਮੰਤਰੀ ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਹਨ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ ਅਤੇ ਉਹ ਵੀ ਉਨ੍ਹਾਂ ਦਾ ਨੇੜਲਾ ਰਿਸ਼ਤੇਦਾਰ ਹੈ।”

ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ, ਕਾਂਗਰਸ ਅਤੇ ਭਾਜਪਾ ਵਾਲੇ ਜਾਣਦੇ ਹਨ ਕਿ ਉਹ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੇ ਫੇਕ (ਨਕਲੀ) ਵੀਡੀਓਜ਼ ਰਾਹੀਂ ਧਾਰਮਿਕ ਆਧਾਰ ‘ਤੇ ਮੈਨੂੰ ਬਦਨਾਮ ਕਰਨ ਲਈ ਗੱਠਜੋੜ ਕਰ ਲਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਆਪਣੇ ਲੰਬੇ ਅਤੇ ਜ਼ੁਲਮੀ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ ‘ਤੇ ਅਨੇਕਾਂ ਨਾ-ਮੁਆਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਕਿਹਾ, “ਉਨ੍ਹਾਂ ਨੇ ਪੰਜਾਬੀਆਂ ਦੇ ਹਿਰਦਿਆਂ ਨੂੰ ਵੰਲੂਧਰਿਆ ਅਤੇ ਪੰਜਾਬ ਨੂੰ ਬਰਬਾਦ ਕਰਨ ਲਈ ਸੂਬੇ ਵਿੱਚ ਮਾਫੀਏ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਸ ਕਾਰੋਬਾਰ ਨੇ ਪੈਰ ਪਸਾਰੇ।”