ਅਮਰੀਕਾ ਜਾਣ ਦਾ ਸੁਪਨਾ ਦੇਖਣ ਵਾਲੇ ਭਾਰਤੀਆਂ ਲਈ ਇੱਕ ਵਾਰ ਫਿਰ ਚਿੰਤਾ ਵਧਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ! ਜੇਕਰ ਤੁਸੀਂ ਵੀ ਅਮਰੀਕਾ ਜਾਣ ਦੀ ਤਿਆਰੀ ਕਰ ਰਹੇ ਹੋ ਜਾਂ ਤੁਹਾਡਾ ਕੋਈ ਪਰਿਵਾਰਕ ਮੈਂਬਰ ਉੱਥੇ ਗ਼ੈਰ-ਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ। ਕਿਉਂਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਇਸੇ ਮੁਹਿੰਮ ਤਹਿਤ 2026 ਦੀ ਸ਼ੁਰੂਆਤ ਤੋਂ ਹੁਣ ਤੱਕ 1,700 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਵਾਪਸ ਭੇਜਿਆ ਜਾ ਚੁੱਕਾ ਹੈ। ਇਹ ਅੰਕੜਾ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਸਾਂਝਾ ਕੀਤਾ ਗਿਆ ਹੈ। ਹੁਣ ਸਵਾਲ ਇਹ ਹੈ ਕਿ ਭਾਰਤ ਸਰਕਾਰ ਇਸ ਪੂਰੇ ਮਾਮਲੇ ‘ਤੇ ਕੀ ਕਹਿ ਰਹੀ ਹੈ ਅਤੇ ਡਿਪੋਰਟੇਸ਼ਨ ਦੀ ਪ੍ਰਕਿਰਿਆ ਕਿਵੇਂ ਚੱਲ ਰਹੀ ਹੈ?

ਦਰਅਸਲ, ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਪ੍ਰੈੱਸ ਬ੍ਰੀਫ਼ਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਗ਼ੈਰ-ਕਾਨੂੰਨੀ ਪ੍ਰਵਾਸ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹੈ ਅਤੇ ਇਸ ਮੁੱਦੇ ‘ਤੇ ਅਮਰੀਕਾ ਨਾਲ ਲਗਾਤਾਰ ਸਹਿਯੋਗ ਕੀਤਾ ਜਾ ਰਿਹਾ ਹੈ। ਜਦੋਂ ਵੀ ਅਮਰੀਕਾ ਵੱਲੋਂ ਕਿਸੇ ਭਾਰਤੀ ਨਾਗਰਿਕ ਨੂੰ ਡਿਪੋਰਟ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ, ਤਾਂ ਭਾਰਤ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਉਸ ਵਿਅਕਤੀ ਦੀ ਨਾਗਰਿਕਤਾ ਦੀ ਪੁਸ਼ਟੀ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਡਿਪੋਰਟੇਸ਼ਨ ਨਾਲ ਜੁੜੀ ਅਗਲੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਂਦਾ ਹੈ।ਯਾਨੀ ਕਿ ਇਮੀਗ੍ਰੇਸ਼ਨ ਅਤੇ ਡਿਪੋਰਟੇਸ਼ਨ ਦੇ ਮਾਮਲੇ ‘ਤੇ ਭਾਰਤ ਅਤੇ ਅਮਰੀਕਾ ਵਿਚਾਲੇ ਤਾਲਮੇਲ ਲਗਾਤਾਰ ਬਣਿਆ ਹੋਇਆ ਹੈ। ਪਰ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰੀਕਾ ਤੋਂ ਇੰਨੀ ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੋਵੇ।

ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਵੱਲੋਂ ਜੁਲਾਈ 2026 ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਕ, ਸਾਲ 2025 ਤੋਂ ਜੁਲਾਈ 2026 ਤੱਕ 4,840 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਸੀ। ਇਸ ਪੂਰੇ ਮਾਮਲੇ ਪਿੱਛੇ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਉਹ ਸਖ਼ਤ ਇਮੀਗ੍ਰੇਸ਼ਨ ਨੀਤੀ ਹੈ, ਜਿਸ ਤਹਿਤ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਰਹਿ ਰਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਭੇਜਿਆ ਜਾ ਰਿਹਾ ਹੈ। ਅਜਿਹੇ ਵਿੱਚ ਭਾਰਤੀਆਂ ਲਈ ਵੀ ਇਹ ਇੱਕ ਵੱਡਾ ਸੰਦੇਸ਼ ਹੈ ਕਿ ਅਮਰੀਕਾ ਜਾਣ ਦੇ ਚਾਹਵਾਨ ਲੋਕ ਇਮੀਗ੍ਰੇਸ਼ਨ ਨਾਲ ਜੁੜੇ ਨਿਯਮਾਂ ਦੀ ਪੂਰੀ ਜਾਣਕਾਰੀ ਲੈਣ ਅਤੇ ਕਾਨੂੰਨੀ ਰਸਤੇ ਰਾਹੀਂ ਹੀ ਵਿਦੇਸ਼ ਜਾਣ ਨੂੰ ਤਰਜੀਹ ਦੇਣ। ਫਿਲਹਾਲ ਟਰੰਪ ਸਰਕਾਰ ਦੀ ਸਖ਼ਤੀ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਦੇਖਣਾ ਅਹਿਮ ਹੋਵੇਗਾ ਕਿ ਡਿਪੋਰਟੇਸ਼ਨ ਦੀ ਇਹ ਮੁਹਿੰਮ ਕਿੰਨੀ ਤੇਜ਼ ਹੁੰਦੀ ਹੈ ਅਤੇ ਇਸ ਦਾ ਭਾਰਤੀ ਪ੍ਰਵਾਸੀਆਂ ‘ਤੇ ਹੋਰ ਕਿੰਨਾ ਅਸਰ ਪੈਂਦਾ ਹੈ।