ਅਮਰੀਕਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਇੰਡੀਆਨਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਉਸ ਨੂੰ ਦੇਖਣ ਜਾ ਰਹੇ ਉਸ ਦੇ ਰਿਸ਼ਤੇਦਾਰ ਨਾਲ ਵੀ ਰਸਤੇ ‘ਚ ਭਿਆਨਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਵੀ ਮੌਤ ਹੋ ਗਈ। ਦੋਹੇ ਨੌਜਵਾਨ ਟਾਂਡਾ ਉੜਮੁੜ ਨਾਲ ਸਬੰਧਤ ਸਨ।
ਜਾਣਕਾਰੀ ਮੁਤਾਬਕ 13 ਫਰਵਰੀ ਨੂੰ ਜਹੂਰਾ ਵਾਸੀ 20 ਸਾਲਾ ਵਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਇੰਡੀਆਨਾ ਵਿਖੇ ਅਪਣੇ ਸਾਈਕਲ ‘ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਆ ਰਿਹਾ ਸੀ। ਇਸ ਦੌਰਾਨ ਹਾਈਵੇ ‘ਤੇ ਉਸ ਨੂੰ ਕਾਰ ਨੇ ਟੱਕਰ ਮਾਰ ਦਿਤੀ। ਇਸ ਟੱਕਰ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਰਿੰਦਰ ਸਿੰਘ 11 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਅਤੇ ਅਜੇ ਉਸ ਦਾ ਵਿਆਹ ਨਹੀਂ ਹੋਇਆ ਸੀ।
ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਕੁੱਝ ਦੂਰੀ ਉਤੇ ਰਹਿੰਦੇ ਵਰਿੰਦਰ ਸਿੰਘ ਦੇ ਤਾਏ ਦਾ ਪੁੱਤਰ ਲਖਵਿੰਦਰ ਸਿੰਘ ਅਪਣੇ ਮਾਮੇ ਦੇ ਲੜਕੇ ਪ੍ਰਭਜੋਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਤਲਵੰਡੀ ਡੱਡੀਆਂ ਨਾਲ ਵਰਿੰਦਰ ਨੂੰ ਦੇਖਣ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਵੀ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਪ੍ਰਭਜੋਤ ਦੀ ਮੌਤ ਹੋ ਗਈ ਅਤੇ ਲਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਇਨ੍ਹਾਂ ਹਾਦਸਿਆਂ ਤੋਂ ਬਾਅਦ ਦੋਹਾਂ ਪਰਵਾਰਾਂ ਵਿਚ ਸੋਗ ਦੀ ਲਹਿਰ ਹੈ। ਵਰਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਦੇ ਮਾਪਿਆਂ ਨੇ ਨੌਜਵਾਨਾਂ ਦੀਆਂ ਦੇਹਾਂ ਨੂੰ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।