ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦਾ “ਸਾਰੀਆਂ ਗਰੰਟੀਆਂ ਪੂਰੀਆਂ” ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਵਰਗੀਆਂ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਉਹ ਸਦਾ ਹਰ ਖੇਤਰ ਵਿੱਚ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖਦੀਆਂ ਰਹਿਣ। ਉਨ੍ਹਾਂ ਕਿਹਾ ਕਿ ਅੱਜ ਅੰਤਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਇਹ ਬਜਟ ਪੇਸ਼ ਕੀਤਾ ਗਿਆ ਹੈ, ਜੋ ‘ਆਪ’ ਸਰਕਾਰ ਵੱਲੋਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਸਬੰਧੀ ਕੀਤੇ ਗਏ ਮੁੱਖ ਵਾਅਦੇ ਨੂੰ ਪੂਰਾ ਕਰਦਾ ਹੈ। ਬਜਟ ਨੂੰ ਲੋਕ-ਪੱਖੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਂਦਾ ਹੈ ਕਿ ਔਰਤਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਭਲਾਈ ਉਪਾਵਾਂ ਅਤੇ ਜਨਤਕ ਸੇਵਾਵਾਂ ਰਾਹੀਂ ਨਿਰੰਤਰ ਸਹਾਇਤਾ ਮਿਲਦੀ ਰਹੇ।

ਉਨ੍ਹਾਂ ਕਿਹਾ ਕਿ ਆਪ’ ਸਰਕਾਰ ਨੇ ਲੋਕਾਂ ਨਾਲ ਕੀਤਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ ਅਤੇ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1,000 ਪ੍ਰਤੀ ਮਹੀਨਾ ਮਿਲੇਣਗੇ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਲਾਵਾਂ ਨੂੰ ਇਸ ਯੋਜਨਾ ਅਧੀਨ ਸੁਖਾਲੇ ਢੰਗ ਨਾਲ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਾਏ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਇਸ ਵਿਸਾਖੀ ਤੋਂ ਸ਼ੁਰੂ ਹੋਵੇਗੀ ਅਤੇ ਇਸਨੂੰ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾ ਸਕੇ। 18 ਸਾਲ ਤੋਂ ਵੱਧ ਉਮਰ ਦੀ ਹਰ ਲੜਕੀ ਅਤੇ ਮਹਿਲਾ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮਹਿਲਾਵਾਂ ਇਸ ਯੋਜਨਾ ਦੇ ਘੇਰੇ ਵਿੱਚ ਆਉਣ।

ਬਜਟ ਨੂੰ ਇੱਕ ਮੀਲ ਪੱਥਰ ਕਰਾਰ ਦਿਦਿੰਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਭਲਾਈ ਅਤੇ ਰਾਜ ਦੀ ਤਰੱਕੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਵਾਲਾ ਬਜਟ ਪੇਸ਼ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਬਜਟ ਨਹੀਂ ਹੈ ਸਗੋਂ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਦਾ ਹਲਫ਼ਨਾਮਾ ਹੈ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੇ ਬਜਟ ਅਕਸਰ ਕਾਗਜ਼ੀ ਐਲਾਨਾਂ ਤੱਕ ਸੀਮਤ ਰਹਿੰਦੇ ਸਨ, ਜਦਕਿ ਲੋਕਾਂ ਨੂੰ ਅਸਲ ਮਾਇਨੇ ਵਿੱਚ ਇਨ੍ਹਾਂ ਦੀ ਕੋਈ ਬਹੁਤਾ ਲਾਭ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੇਸ਼ ਹੋਏ ਬਜਟ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਠੋਸ ਨੀਤੀਆਂ ਲਿਆਉਣ ਦੀ ਬਜਾਏ ਸਦਾ ਬਿਆਨਬਾਜ਼ੀ ਅਤੇ ਕਾਵਿਕ ਹਵਾਲਿਆਂ ਤੱਕ ਸੀਮਤ ਰਹੇ।

‘ਆਪ’ ਸਰਕਾਰ ਦੀਆਂ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦੀ ਰਹਿਤ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨਕਦੀ ਰਹਿਤ ਇਲਾਜ, ਮੁਫਤ ਬੱਸ ਯਾਤਰਾ, ਮੁਫਤ ਬਿਜਲੀ, 1,000 ਰੁਪਏ ਪ੍ਰਤੀ ਮਹੀਨਾ ਅਤੇ ਅਜਿਹੀਆਂ ਕਈ ਹੋਰ ਪਹਿਲਕਦਮੀਆਂ ਔਰਤਾਂ ਨੂੰ ਸਸ਼ਕਤ ਬਣਾਉਂਦਿਆਂ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕੋਲ ਆਪਣੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਢੁਕਵੇਂ ਵਿੱਤੀ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਾਡੇ ਇਰਾਦੇ ਸਪੱਸ਼ਟ ਅਤੇ ਇਮਾਨਦਾਰ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿੱਤੀ ਪ੍ਰਬੰਧਨ ਵਿੱਚ ਸੁਧਾਰ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਲੋਕ ਭਲਾਈ ਅਤੇ ਵਿਕਾਸ ਲਈ ਹੋਵੇ।

ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਜਿਸ ਸਦਕਾ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣ ਰਹੇ ਹਨ।