ਆਪਣੇ ਐਲਾਨ ਮੁਤਾਬਕ, ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਵਾਹਨਾਂ ਲਈ ਪੂਰੀ ਤਰ੍ਹਾਂ ਫ੍ਰੀ ਕਰ ਦਿੱਤਾ। ਕਿਸਾਨਾਂ ਦੇ ਇਸ ਗੁੱਸੇ ਦਾ ਮੁੱਖ ਕਾਰਨ ਸਸਰਾਲੀ ਕਲੋਨੀ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਹੜ੍ਹਾਂ ਕਾਰਨ ਨੁਕਸਾਨੇ ਗਏ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਅਧੂਰਾ ਰਹਿਣਾ ਹੈ।
ਇਸ ਤੋਂ ਇਲਾਵਾ, ਲੁਧਿਆਣਾ ਦੇ ਰਾਹੋਂ ਰੋਡ ਦੀ ਮਾੜੀ ਹਾਲਤ ਵੀ ਕਿਸਾਨਾਂ ਦੇ ਵੱਡੇ ਰੋਸ ਦਾ ਕਾਰਨ ਬਣੀ ਹੋਈ ਹੈ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕੋਈ ਕਾਰਵਾਈ ਨਾ ਕੀਤੀ ਤਾਂ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਮੁਫ਼ਤ ਰੱਖਿਆ ਜਾਵੇਗਾ।
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਪ੍ਰਸ਼ਾਸਨ ਨੇ ਸਸਰਾਲੀ ਧੁੱਸੀ ਬੰਨ੍ਹ ਦੇ ਨਿਰਮਾਣ ਵੱਲ ਧਿਆਨ ਦੇਣਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਗੁੱਸਾ ਹੈ।
ਉਨ੍ਹਾਂ ਕਿਹਾ ਕਿ ਕਈ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਨਾ ਤਾਂ ਬੰਨ੍ਹ ਦਾ ਕੰਮ ਸ਼ੁਰੂ ਹੋਇਆ ਅਤੇ ਨਾ ਹੀ ਰਾਹੋਂ ਰੋਡ ਦੀ ਮੁਰੰਮਤ ਕੀਤੀ ਗਈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਸ਼ਾਸਨ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਸ਼ੁਰੂ ਨਹੀਂ ਕਰਦਾ, ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ਤੋਂ ਕਿਸੇ ਵੀ ਵਾਹਨ ਚਾਲਕ ਕੋਲੋਂ ਟੋਲ ਵਸੂਲਣ ਨਹੀਂ ਦਿੱਤਾ ਜਾਵੇਗਾ।














