ਅੰਮ੍ਰਿਤਸਰ: ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਇੱਕ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਗਡਕਰੀ ਨੂੰ ਅੰਮ੍ਰਿਤਸਰ ਵਿੱਚ ਲਗਾਤਾਰ ਵੱਧ ਰਹੇ ਟ੍ਰੈਫਿਕ ਦੇ ਦਬਾਅ, ਏਅਰਪੋਰਟ ਰੋਡ ‘ਤੇ ਹਰ ਰੋਜ਼ ਲੱਗਣ ਵਾਲੇ ਜਾਮ ਅਤੇ ਆਉਣ ਵਾਲੇ ਸਮੇਂ ਵਿੱਚ ਟ੍ਰੈਫਿਕ ਸੰਬੰਧੀ ਚੁਣੌਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਹੈ।
ਔਜਲਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ‘ਚੋਂ ਇੱਕ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ, ਸੈਲਾਨੀ, ਕਾਰੋਬਾਰੀ ਤੇ ਦੇਸ਼-ਵਿਦੇਸ਼ ਤੋਂ ਯਾਤਰੀ ਪਹੁੰਚਦੇ ਹਨ। ਆਉਣ ਵਾਲੇ ਸਮੇਂ ‘ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਪੂਰੀ ਤਰ੍ਹਾਂ ਚਾਲੂ ਹੋਣ ਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਸ਼ੁਰੂ ਹੋਣ ਨਾਲ ਇਸ ਮਾਰਗ ‘ਤੇ ਵਾਹਨਾਂ ਦੀ ਗਿਣਤੀ ਕਈ ਗੁਣਾ ਵੱਧ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਹੁਣ ਤੋਂ ਹੀ ਲੋੜੀਂਦੇ ਸੜਕੀ ਬੁਨਿਆਦੀ ਢਾਂਚੇ ਦਾ ਵਿਸਥਾਰ ਨਾ ਕੀਤਾ ਗਿਆ ਤਾਂ ਟ੍ਰੈਫਿਕ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ।
ਸੰਸਦ ਮੈਂਬਰ ਨੇ ਗਡਕਰੀ ਦੇ ਸਾਹਮਣੇ ਗੁਮਟਾਲਾ ਬਾਈਪਾਸ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਹੁੰਦੇ ਹੋਏ ਮੋਰਚਾ ਸਾਹਿਬ ਗੁਰਦੁਆਰਾ ਨੇੜੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਰਾਊਂਡਅਬਾਊਟ ਤੱਕ ਐਲੀਵੇਟਿਡ ਕੋਰੀਡੋਰ ਬਣਾਉਣ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਏਅਰਪੋਰਟ, ਐਕਸਪ੍ਰੈੱਸਵੇ ਅਤੇ ਸ਼ਹਿਰ ਦੇ ਮੁੱਖ ਮਾਰਗਾਂ ਵਿਚਕਾਰ ਸਿਗਨਲ-ਫ੍ਰੀ ਕਨੈਕਟੀਵਿਟੀ ਯਕੀਨੀ ਬਣੇਗੀ, ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ ਅਤੇ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ।
ਔਜਲਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਏਅਰਪੋਰਟ ਰੋਡ ਸਾਰਾ ਦਿਨ ਭਾਰੀ ਟ੍ਰੈਫਿਕ ਦੇ ਦਬਾਅ ਹੇਠ ਰਹਿੰਦਾ ਹੈ। ਪੰਜਾਬ ਪੁਲਿਸ ਤੇ ਪ੍ਰਸ਼ਾਸਨ ਦੇ ਯਤਨਾਂ ਦੇ ਬਾਵਜੂਦ ਕਈ ਵਾਰ ਲੰਬੇ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਯਾਤਰੀਆਂ ਦੀਆਂ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਤੱਕ ਛੁੱਟ ਜਾਂਦੀਆਂ ਹਨ। ਇਸ ਨਾਲ ਲੋਕਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੜਕ ਭਵਿੱਖ ‘ਚ ਵਧਣ ਵਾਲੇ ਟ੍ਰੈਫਿਕ ਦਾ ਬੋਝ ਝੱਲਣ ਦੇ ਸਮਰੱਥ ਨਹੀਂ ਹੈ।














