ਫ਼ਰੀਦਕੋਟ/ ਸਾਦਿਕ, 5 ਅਗਸਤ
ਇਥੇ ਪਿੰਡ ਢਿੱਲਵਾਂ ਖੁਰਦ ਵਿੱਚ ਅੱਜ ਸ਼ਾਮ ਇੱਕ ਤਸਕਰ ਨੇ ਨਸ਼ਾ ਵਿਰੋਧੀ ਕਮੇਟੀ ਦੇ ਇੱਕ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਐਤਵਾਰ ਨੂੰ ਪਿੰਡ ਵਿੱਚ ਨਸ਼ਾ ਵਿਰੋਧੀ ਕਮੇਟੀ ਬਣਾਈ ਗਈ ਸੀ ਅਤੇ ਅੱਜ ਕਮੇਟੀ ਪਿੰਡ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚਿਤਾਵਨੀ ਦੇ ਰਹੀ ਸੀ ਕਿ ਜੇਕਰ ਪਿੰਡ ਵਿੱਚ ਕਿਸੇ ਨੇ ਨਸ਼ਾ ਵੇਚਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। ਹਰਭਗਵਾਨ ਸਿੰਘ ਅਤੇ ਬਾਕੀ ਕਮੇਟੀ ਮੈਂਬਰਾਂ ਨੇ ਅੱਜ ਪਿੰਡ ਵਿੱਚ ਅਮਨਦੀਪ ਕੋਲੋਂ ਨਸ਼ਾ ਖਰੀਦਣ ਲਈ ਆਏ ਦੋਵਾਂ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਤਾਂ ਮੁਲਜ਼ਮ ਅਮਨਦੀਪ ਸਿੰਘ ਨੇ ਹਰਭਗਵਾਨ ਸਿੰਘ ਉੱਪਰ ਨਾਜਾਇਜ਼ ਅਸਲੇ ਨਾਲ ਗੋਲੀ ਚਲਾ ਦਿੱਤੀ, ਜਿਸ ਕਾਰਨ ਹਰਭਗਵਾਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮੁਲਜ਼ਮ ਆਪਣੇ ਘਰ ਚਲਾ ਗਿਆ ਅਤੇ ਉਸ ਨੇ ਆਪਣੇ ਘਰ ਉੱਪਰ ਚੜ੍ਹ ਕੇ ਅੱਧੀ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਤੇ ਉਸ ਤੋਂ ਬਾਅਦ ਮੋਟਰਸਾਈਕਲ ’ਤੇ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪਹਿਲਾਂ ਵੀ ਨਾਜਾਇਜ਼ ਅਸਲੇ ਤੇ ਡਾਕੇ ਦੇ ਕੇਸ ਵਿੱਚ ਗ੍ਰਿਫ਼ਤਾਰ ਹੋ ਚੁੱਕਿਆ ਹੈ ਅਤੇ ਜ਼ਮਾਨਤ ’ਤੇ ਬਾਹਰ ਆਇਆ ਸੀ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਪੁਲੀਸ ਦੀ ਇਕ ਵਿਸ਼ੇਸ਼ ਟੀਮ ਮੁਲਜ਼ਮ ਦੀ ਭਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।