ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਟੈਂਡਰ ਜਾਰੀ ਕਰਨ ਦੇ ਫੈਸਲੇ ਵਿਰੁੱਧ ਸ਼ੁੱਕਰਵਾਰ ਤੋਂ ਪ੍ਰਦਰਸ਼ਨ ਕਰ ਰਹੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦਾ ਵਿਰੋਧ ਪ੍ਰਦਰਸ਼ਨ ਅੱਜ ਸ਼ਨੀਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਸ਼ਨੀਵਾਰ ਨੂੰ ਬੰਦ ਰਹੀਆਂ। ਕਰਮਚਾਰੀਆਂ ਨੇ ਬੱਸ ਸਟੈਂਡ ਬੰਦ ਕਰ ਦਿੱਤੇ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਮੁਲਾਜ਼ਮਾਂ ਨੇ ਪੰਜਾਬ ਭਰ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।

ਮੁਲਾਜ਼ਮਾਂ ਵਲੋਂ ਕਿਲੋਮੀਟਰ ਸਕੀਮ ਦੇ ਵਿਰੋਧ ਸਣੇ ਹੋਰ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀਆਂ ਸਮੂਹ ਡਿਪੂ ਕਮੇਟੀਆਂ ਵਲੋਂ 28 ਨਵੰਬਰ ਤੋਂ ਚੱਕਾ ਜਾਮ ਕਰ ਦਿੱਤਾ ਗਿਆ ਸੀ। ਸਰਕਾਰੀ ਬੱਸਾਂ ਦੇ ਬੰਦ ਹੋਣ ਕਾਰਨ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਭਰ ਵਿੱਚ ਬੱਸਾਂ ਦਾ ਸੰਚਾਲਨ ਬੰਦ ਹੋਣ ਕਾਰਨ ਯਾਤਰੀਆਂ ਨੂੰ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਲਈ ਕਾਫੀ ਮੁਸ਼ਕਿਲ ਆ ਰਹੀ ਹੈ। ਬਠਿੰਡਾ, ਜਗਰਾਉਂ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਵਿੱਚ ਬੱਸਾਂ ਦਾ ਸੰਚਾਲਨ ਪੂਰੀ ਤਰ੍ਹਾਂ ਬੰਦ ਰਿਹਾ।

ਬੱਸ ਮੁਲਾਜ਼ਮਾਂ ਦਾ ਦੋਸ਼ ਹੈ ਕਿ ਸਰਕਾਰ ਨਾ ਤਾਂ ਉਨ੍ਹਾਂ ਨੂੰ ਨਿਯਮਤ ਕਰ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਆਪਣੇ ਹੱਕ ਮੰਗਣ ਦੀ ਇਜਾਜ਼ਤ ਦੇ ਰਹੀ ਹੈ। ਅਸਥਾਈ ਰੋਡਵੇਜ਼ ਵਰਕਰਾਂ ਨੇ ਸ਼ੁੱਕਰਵਾਰ ਨੂੰ ਹੜਤਾਲ ਦਾ ਐਲਾਨ ਕੀਤਾ ਸੀ। ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਦਾ ਦੋ-ਟੁੱਕ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਪ੍ਰਦਰਸ਼ਨ ਤੇਜ਼ ਹੋਵੇਗਾ। ਇਸ ਵਿਚਾਲੇ ਹੀ ਜਾਣਕਾਰੀ ਮਿਲੀ ਹੈ ਕਿ ਕਿਲੋਮੀਟਰ-ਸਕੀਮ ਬੱਸਾਂ ਦੇ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਪੰਜਾਬ ਵਿੱਚ ਚੱਲ ਰਹੀ ਹੜਤਾਲ ਵਿਰੁੱਧ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਹੜਤਾਲ ਵਿੱਚ ਸ਼ਾਮਲ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਿਭਾਗ ਨੇ ਕਰਮਚਾਰੀ ਨੂੰ ਕਾਰਵਾਈ ਦੀ ਜਾਣਕਾਰੀ ਦਿੰਦੇ ਹੋਏ ਈਮੇਲ ਭੇਜੇ ਹਨ। ਜਲੰਧਰ ਦੇ ਡਿਪੂ-1 ਦੇ ਪ੍ਰਧਾਨ ਵਿਕਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਈਮੇਲ ਰਾਹੀਂ ਮੁਅੱਤਲੀ ਪੱਤਰ ਭੇਜਿਆ ਹੈ।