ਚੰਡੀਗੜ੍ਹ, ਪੰਜਾਬ ਦੇ ਸਿੰਜਾਈ ਵਿਭਾਗ ਵਿੱਚ ਹੋਏ ਘੁਟਾਲੇ ਦੇ ਸਬੰਧ ਵਿੱਚ ਅੱਜ ਸੁਪਰੀਮ ਕੋਰਟ ਨੇ ਠੇਕੇਦਾਰ ਗੁਰਿੰਦਰ ਸਿੰਘ ਅਤੇ ਸੇਵਾਮੁਕਤ ਮੁੱਖ ਇੰਜਨੀਅਰ ਹਰਵਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰਦਿਆਂ ਦੋਹਾਂ ਨੂੰ ਇਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿੰਜਾਈ ਵਿਭਾਗ ਵਿੱਚ ਬੀਤੇ ਸਮੇਂ ਟੈਂਡਰ ਅਲਾਟ ਕਰਨ ਵਿੱਚ ਬੇਨਿਯਮੀਆਂ ਦੀ ਜਾਂਚ ਲਈ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀ ਤੇ 13 (2) ਸਮੇਤ ਆਈਪੀਸੀ ਦੀ ਧਾਰਾ 406, 420, 467, 468, 471, 477-ਏ ਅਤੇ 120-ਬੀ ਅਧੀਨ ਗੁਰਿੰਦਰ ਸਿੰਘ ਠੇਕੇਦਾਰ ਅਤੇ ਸਿੰਜਾਈ ਵਿਭਾਗ ਦੇ ਤਿੰਨ ਸੇਵਾਮੁਕਤ ਮੁੱਖ ਇੰਜਨੀਅਰਾਂ ਪਰਮਜੀਤ ਸਿੰਘ ਘੁੰਮਣ, ਹਰਵਿੰਦਰ ਸਿੰਘ, ਗੁਰਦੇਵ ਸਿੰਘ ਸਮੇਤ ਸੇਵਾਮੁਕਤ ਐਸਡੀਓ ਕਮਿੰਦਰ ਸਿੰਘ ਦਿਓਲ, ਐਕਸੀਅਨ ਬਜਰੰਗ ਲਾਲ ਸਿੰਗਲਾ ਤੇ ਸੁਪਰਵਾਈਜ਼ਰ ਵਿਮਲ ਕੁਮਾਰ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਮੁਹਾਲੀ ਦੀ ਅਦਾਲਤ ਵੀ ਠੇਕੇਦਾਰ ਗੁਰਿੰਦਰ ਸਿੰਘ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਚੁੱਕੀ ਹੈ। ਹੁਣ ਸੁਪਰੀਮ ਕੋਰਟ ਨੇ ਵੀ ਠੇਕੇਦਾਰ ਗੁਰਿੰਦਰ ਸਿੰਘ ਅਤੇ ਸੇਵਾਮੁਕਤ ਮੁੱਖ ਇੰਜਨੀਅਰ ਹਰਵਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਵਿਜੀਲੈਂਸ ਵੱਲੋਂ ਇਸ ਘਪਲੇ ਵਿੱਚ ਸ਼ਾਮਲ ਛੇ ਮੁਲਜ਼ਮਾਂ ਦੇ ਗ੍ਰਿਫ਼ਤਾਰੀ ਵਾਰੰਟ ਮੁਹਾਲੀ ਦੀ ਅਦਾਲਤ ਤੋਂ ਪਹਿਲਾਂ ਹੀ ਹਾਸਲ ਕੀਤੇ ਜਾ ਚੁੱਕੇ ਹਨ।